ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥੨॥ {ਪੰਨਾ 540}
ਅਰਥ: ਹੇ ਮੇਰੀ ਸੋਹਣੀ ਜਿੰਦੇ! (ਆਖ-) ਹੇ ਭਾਈ! ਸਾਰੇ ਗੁਰੂ ਨੂੰ ਜਾ ਮਿਲੋ ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ ਚਾਹੀਦੀ। ਕੀਹ ਪਤਾ ਹੈ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਹ ਲਿਆ ਜਾਏ। ਹੇ ਮੇਰੀ ਸੋਹਣੀ ਜਿੰਦੇ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ, ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ ਹੈ। ਹੇ ਦਾਸ ਨਾਨਕ! (ਆਖ-) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ)।੨।
No comments:
Post a Comment